ਲੁਧਿਆਣਾ ‘ਚ ਸਾਬਕਾ ਸਰਪੰਚ ਨਵਤੇਜ ਸਿੰਘ ਉਰਫ਼ ਨੀਤੂ ਦੇ ਕਤਲ ਤੋਂ ਬਾਅਦ ਪੰਜਾਬ ਦੀ ਸਿਆਸਤ ਭਖ ਗਈ ਹੈ। ਭਾਰਤੀ ਜਨਤਾ ਪਾਰਟੀ ਨੇ ਇਸ ਘਟਨਾ ਨੂੰ ਲੈ ਕੇ ਆਮ ਆਦਮੀ ਪਾਰਟੀ ਸਰਕਾਰ ‘ਤੇ ਸਿੱਧਾ ਹਮਲਾ ਬੋਲ ਦਿੱਤਾ ਹੈ। ਭਾਜਪਾ ਦਾ ਕਹਿਣਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ‘ਚ ਸੂਬੇ ਦੀ ਕਾਨੂੰਨ-ਵਿਵਸਥਾ ਪੂਰੀ ਤਰ੍ਹਾਂ ਠੱਪ ਹੋ ਚੁੱਕੀ ਹੈ ਅਤੇ ਹੁਣ ਤਾਂ ਪਿੰਡਾਂ ਦੇ ਸਰਪੰਚ ਵੀ ਸੁਰੱਖਿਅਤ ਨਹੀਂ।
ਭਾਜਪਾ ਨੇ ਮਾਨ ਸਰਕਾਰ ‘ਤੇ ਲਗਾਏ ਗੰਭੀਰ ਇਲਜ਼ਾਮ
ਭਾਜਪਾ ਨੇਤਾਵਾਂ ਨੇ ਕਿਹਾ ਹੈ ਕਿ ਸਾਬਕਾ ਸਰਪੰਚ ਦੇ ਕਤਲ ਦੀ ਇਹ ਘਟਨਾ ਪੰਜਾਬ ‘ਚ ਵਿਗੜ ਰਹੀ ਸੁਰੱਖਿਆ ਸਥਿਤੀ ਦਾ ਨਵਾਂ ਸਬੂਤ ਹੈ। ਪਾਰਟੀ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਨਿਸ਼ਾਨੇ ‘ਤੇ ਲੈਂਦੇ ਹੋਏ ਕਿਹਾ ਕਿ ਚੋਣਾਂ ਤੋਂ ਪਹਿਲਾਂ ਆਮ ਲੋਕਾਂ ਦੀ ਸੁਰੱਖਿਆ ਨੂੰ ਲੈ ਕੇ ਗੰਭੀਰ ਸਵਾਲ ਖੜ੍ਹੇ ਹੋ ਰਹੇ ਹਨ ਅਤੇ ਸਰਕਾਰ ਪੀੜਤ ਪਰਿਵਾਰ ਨੂੰ ਤੁਰੰਤ ਇਨਸਾਫ਼ ਦਿਵਾਏ।
ਦਿੱਲੀ ਦੇ ਮੰਤਰੀ ਮਨਜਿੰਦਰ ਸਿੰਘ ਸਿਰਸਾ ਨੇ ਵੀ ਪੰਜਾਬ ਦੀ ਕਾਨੂੰਨ-ਵਿਵਸਥਾ ‘ਤੇ ਤਿੱਖੀ ਟਿੱਪਣੀ ਕੀਤੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਜੇਕਰ ਪਿੰਡ ਦਾ ਸਰਪੰਚ ਅਤੇ ਸਾਬਕਾ ਸਰਪੰਚ ਹੀ ਸੁਰੱਖਿਅਤ ਨਹੀਂ ਤਾਂ ਆਮ ਆਦਮੀ ਕਿਸ ਤੋਂ ਉਮੀਦ ਰੱਖੇ। ਸਿਰਸਾ ਨੇ ਦੋਸ਼ ਲਗਾਇਆ ਕਿ ਸੂਬੇ ‘ਚ ਮਾਫ਼ੀਆ ਸਰਗਰਮ ਹੈ ਅਤੇ ਸਰਕਾਰ ਇਸ ‘ਤੇ ਕਾਬੂ ਪਾਉਣ ‘ਚ ਨਾਕਾਮ ਰਹੀ ਹੈ।
ਲੁਧਿਆਣਾ ‘ਚ ਕੀ ਹੋਇਆ ਸੀ?
ਮੀਡੀਆ ਰਿਪੋਰਟਾਂ ਅਨੁਸਾਰ ਪਿੰਡ ਮਾਨੇਵਾਲ ਦੇ ਸਾਬਕਾ ਸਰਪੰਚ ਨਵਤੇਜ ਸਿੰਘ ਉਰਫ਼ ਨੀਤੂ ਸ਼ਨਿਚਰਵਾਰ ਸ਼ਾਮ ਆਪਣੀ ਟੋਇਟਾ ਇਨੋਵਾ ਕਾਰ ‘ਚ ਘਰ ਵਾਪਸ ਜਾ ਰਹੇ ਸਨ। ਲਾਧੋਵਾਲ ਬਾਈਪਾਸ ਨੇੜੇ ਮਾਸਕ ਪਹਿਨੇ ਮੋਟਰਸਾਈਕਲ ਸਵਾਰ ਹਮਲਾਵਰਾਂ ਨੇ ਉਨ੍ਹਾਂ ਦੀ ਕਾਰ ਨੂੰ ਰੋਕਿਆ ਅਤੇ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ। ਰਿਪੋਰਟਾਂ ਮੁਤਾਬਕ ਨਵਤੇਜ ਸਿੰਘ ਨੂੰ ਕਰੀਬ ਦਸ ਗੋਲੀਆਂ ਲੱਗੀਆਂ। ਪੂਰੀ ਵਾਰਦਾਤ ਕਾਰ ਦੇ ਡੈਸ਼ਕੈਮ ‘ਚ ਕੈਦ ਹੋ ਗਈ ਹੈ, ਜਿਸ ਨੂੰ ਪੁਲਿਸ ਨੇ ਕਬਜ਼ੇ ‘ਚ ਲੈ ਲਿਆ ਹੈ।
ਗੰਭੀਰ ਜ਼ਖ਼ਮੀ ਹਾਲਤ ‘ਚ ਉਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਜ਼ਮੀਨੀ ਵਿਵਾਦ ਦਾ ਸ਼ੱਕ, ਪਰਿਵਾਰ ਨੇ 8 ਲੋਕਾਂ ‘ਤੇ ਲਗਾਏ ਦੋਸ਼
ਇਸ ਕਤਲ ਦੇ ਪਿੱਛੇ ਜ਼ਮੀਨੀ ਵਿਵਾਦ ਦਾ ਸ਼ੱਕ ਜਤਾਇਆ ਜਾ ਰਿਹਾ ਹੈ। ਮ੍ਰਿਤਕ ਦੇ ਬੇਟੇ ਅਲਮਜੀਤ ਸਿੰਘ, ਜੋ ਪੇਸ਼ੇ ਤੋਂ ਵਕੀਲ ਹਨ, ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ‘ਚ ਅੱਠ ਲੋਕਾਂ ਦਾ ਨਾਂ ਲਿਆ ਹੈ, ਜਿਨ੍ਹਾਂ ‘ਚ ਉਨ੍ਹਾਂ ਦੇ ਚਾਚਾ ਪਾਲ ਸਿੰਘ ਅਤੇ ਮੌਜੂਦਾ ਪਿੰਚ ਸਰਪੰਚ ਵੀ ਸ਼ਾਮਲ ਹਨ। ਪਰਿਵਾਰ ਦਾ ਦੋਸ਼ ਹੈ ਕਿ ਜ਼ਮੀਨ ਦੇ ਝਗੜੇ ਨੂੰ ਲੈ ਕੇ ਅਦਾਲਤ ‘ਚ ਕੇਸ ਚੱਲ ਰਹੇ ਹਨ ਅਤੇ ਇਹ ਕਤਲ ਸੋਚੀ-ਸਮਝੀ ਸਾਜ਼ਿਸ਼ ਤਹਿਤ ਕੀਤਾ ਗਿਆ। ਪੁਲਿਸ ਸਾਰੇ ਪਹਿਲੂਆਂ ਤੋਂ ਜਾਂਚ ਕਰ ਰਹੀ ਹੈ ਅਤੇ ਹਾਲੇ ਤੱਕ ਕਿਸੇ ਦੀ ਗ੍ਰਿਫ਼ਤਾਰੀ ਦੀ ਅਧਿਕਾਰਤ ਪੁਸ਼ਟੀ ਨਹੀਂ ਹੋਈ ਹੈ।
2027 ਦੀਆਂ ਚੋਣਾਂ ਤੋਂ ਪਹਿਲਾਂ ਸਿਆਸੀ ਮਾਹੌਲ ਗਰਮ
ਭਾਜਪਾ ਨੇ ਇਸ ਘਟਨਾ ਨੂੰ 2027 ਦੀਆਂ ਵਿਧਾਨ ਸਭਾ ਚੋਣਾਂ ਨਾਲ ਜੋੜਦੇ ਹੋਏ ਕਿਹਾ ਹੈ ਕਿ ਜਨਤਕ ਸੁਰੱਖਿਆ ਦਾ ਮੁੱਦਾ ਹੁਣ ਚੋਣਾਂ ਦਾ ਵੱਡਾ ਮੁੱਦਾ ਬਣੇਗਾ। ਦੂਜੇ ਪਾਸੇ ਆਪ ਸਰਕਾਰ ਵੱਲੋਂ ਹਾਲੇ ਇਸ ‘ਤੇ ਕੋਈ ਵਿਸਤ੍ਰਿਤ ਪ੍ਰਤੀਕਿਰਿਆ ਸਾਹਮਣੇ ਨਹੀਂ ਆਈ ਹੈ। ਪੁਲਿਸ ਦਾ ਕਹਿਣਾ ਹੈ ਕਿ ਹਮਲਾਵਰਾਂ ਦੀ ਪਛਾਣ ਲਈ ਛਾਪੇਮਾਰੀ ਜਾਰੀ ਹੈ ਅਤੇ ਜਲਦੀ ਹੀ ਮਾਮਲਾ ਸੁਲਝਾ ਲਿਆ ਜਾਵੇਗਾ।
