ਸੰਸਦ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਅਕਾਲੀ ਦਲ ਵਾਰਿਸ ਪੰਜਾਬ ਦੇ (ਵਾਰਿਸ ਪੰਜਾਬ ਦੇ) ਦੀ ਰਜਿਸਟ੍ਰੇਸ਼ਨ ਨੂੰ ਲੈ ਕੇ ਵਿਵਾਦ ਵਧਦਾ ਜਾ ਰਿਹਾ ਹੈ। ਦਾਖਾ ਤੋਂ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਨੇ ਚੋਣ ਕਮਿਸ਼ਨ ‘ਤੇ ਪਾਰਟੀ ਦੀ ਰਜਿਸਟ੍ਰੇਸ਼ਨ ਜਾਣਬੁੱਝ ਕੇ ਰੋਕਣ ਦੇ ਗੰਭੀਰ ਦੋਸ਼ ਲਗਾਏ ਹਨ ਅਤੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਵੀ ਕੀਤੀ ਹੈ।
ਇਆਲੀ ਨੇ ਕੀ ਲਾਏ ਆਰੋਪ?
ਮਨਪ੍ਰੀਤ ਸਿੰਘ ਇਆਲੀ ਨੇ ਦਾਅਵਾ ਕੀਤਾ ਕਿ ਪਾਰਟੀ ਨੇ ਰਜਿਸਟ੍ਰੇਸ਼ਨ ਲਈ ਲੋੜੀਂਦੀਆਂ ਸਾਰੀਆਂ ਸ਼ਰਤਾਂ ਪੂਰੀਆਂ ਕਰ ਦਿੱਤੀਆਂ ਹਨ, ਪਰ ਇਸ ਦੇ ਬਾਵਜੂਦ ਪ੍ਰਕਿਰਿਆ ਲੰਬੇ ਸਮੇਂ ਤੋਂ ਰੁਕੀ ਹੋਈ ਹੈ। ਉਨ੍ਹਾਂ ਕਿਹਾ ਕਿ ਪਾਰਟੀ ਦੀ ਫਾਈਲ ਚੋਣ ਕਮਿਸ਼ਨ ਕੋਲ ਹੈ ਅਤੇ ਪਬਲੀਕੇਸ਼ਨ ਦੀ ਪ੍ਰਕਿਰਿਆ ਆਖਰੀ ਪੜਾਅ ‘ਤੇ ਸੀ, ਜਿਸ ਤੋਂ ਬਾਅਦ ਪਾਰਟੀ ਨੂੰ ਚੋਣ ਨਿਸ਼ਾਨ ਮਿਲਣਾ ਸੀ। ਉਨ੍ਹਾਂ ਦਾ ਦੋਸ਼ ਹੈ ਕਿ ਰਾਜਨੀਤਿਕ ਦਬਾਅ ਕਾਰਨ ਰਜਿਸਟ੍ਰੇਸ਼ਨ ਵਿੱਚ ਦੇਰੀ ਕੀਤੀ ਜਾ ਰਹੀ ਹੈ।
ਇਆਲੀ ਨੇ ਇਹ ਵੀ ਕਿਹਾ ਕਿ ਚੋਣ ਕਮਿਸ਼ਨ ਵੱਲੋਂ “ਰਾਸ਼ਟਰੀ ਸੁਰੱਖਿਆ ਨਾਲ ਜੁੜੀਆਂ ਚਿੰਤਾਵਾਂ” ਦੇ ਨਾਮ ‘ਤੇ ਉਠਾਏ ਗਏ ਇਤਰਾਜ਼ ਸਾਫ਼ ਦਰਸਾਉਂਦੇ ਹਨ ਕਿ ਕਮਿਸ਼ਨ ਕੇਂਦਰ ਦੇ ਦਬਾਅ ਹੇਠ ਕੰਮ ਕਰ ਰਿਹਾ ਹੈ। ਉਨ੍ਹਾਂ ਚੁਣੌਤੀ ਦਿੱਤੀ ਕਿ ਕਮਿਸ਼ਨ ਸੁਰੱਖਿਆ ਚਿੰਤਾ ਦੀ ਇੱਕ ਵੀ ਮਿਸਾਲ ਦਿਖਾਵੇ।
ਹਾਈਕੋਰਟ ਵਿੱਚ ਸੁਣਵਾਈ, ਸੁਪਰੀਮ ਕੋਰਟ ਜਾਣ ਦੀ ਚਿਤਾਵਨੀ
ਪਾਰਟੀ ਨੇ ਰਜਿਸਟ੍ਰੇਸ਼ਨ ਲਈ ਜਨਵਰੀ 2025 ਵਿੱਚ ਅਰਜ਼ੀ ਦਿੱਤੀ ਸੀ, ਪਰ ਡੇਢ਼ ਸਾਲ ਤੋਂ ਵੱਧ ਸਮੇਂ ਬਾਅਦ ਵੀ ਕੋਈ ਫੈਸਲਾ ਨਾ ਹੋਣ ‘ਤੇ ਉਸ ਨੇ ਜੂਨ 2026 ਵਿੱਚ ਦਿੱਲੀ ਹਾਈਕੋਰਟ ਦਾ ਰੁਖ ਕੀਤਾ ਸੀ। ਹਾਈਕੋਰਟ ਵਿੱਚ ਇਸ ਮਾਮਲੇ ‘ਤੇ ਸੁਣਵਾਈ ਵੀ ਚੱਲ ਰਹੀ ਹੈ। ਇਆਲੀ ਨੇ ਕਿਹਾ ਕਿ ਲੋੜ ਪੈਣ ‘ਤੇ ਪਾਰਟੀ ਸੁਪਰੀਮ ਕੋਰਟ ਵੀ ਜਾਵੇਗੀ। ਆਉਣ ਵਾਲੇ ਦਿਨਾਂ ਵਿੱਚ ਪਾਰਟੀ ਦਾ ਵਫ਼ਦ ਚੋਣ ਕਮਿਸ਼ਨ ਨਾਲ ਮੁਲਾਕਾਤ ਕਰੇਗਾ ਅਤੇ ਜੇਕਰ ਮਸਲਾ ਹੱਲ ਨਾ ਹੋਇਆ ਤਾਂ ਦਿੱਲੀ ਦੇ ਜੰਤਰ-ਮੰਤਰ ਜਾਂ ਚੋਣ ਕਮਿਸ਼ਨ ਦੇ ਦਫ਼ਤਰ ਦੇ ਬਾਹਰ ਧਰਨਾ ਦੇਣ ਦੀ ਗੱਲ ਵੀ ਉਨ੍ਹਾਂ ਕਹੀ।
ਆਜ਼ਾਦ ਉਮੀਦਵਾਰ ਵਜੋਂ ਚੋਣ ਲੜਨ ਦਾ ਦਾਅਵਾ
ਇਆਲੀ ਨੇ ਕਿਹਾ ਕਿ ਪਾਰਟੀ ਨੇ ਪਹਿਲਾਂ ਵੀ ਆਜ਼ਾਦ ਉਮੀਦਵਾਰਾਂ ਵਜੋਂ ਚੋਣਾਂ ਲੜੀਆਂ ਹਨ। ਜੇਕਰ ਰਜਿਸਟ੍ਰੇਸ਼ਨ ਨਹੀਂ ਹੁੰਦੀ ਤਾਂ ਪਾਰਟੀ ਨਾਲ ਜੁੜੇ ਉਮੀਦਵਾਰ ਆਜ਼ਾਦ ਤੌਰ ‘ਤੇ ਚੋਣ ਲੜਨਗੇ। ਉਨ੍ਹਾਂ ਦਾਅਵਾ ਕੀਤਾ ਕਿ ਪਾਰਟੀ ਨੂੰ ਲੋਕਾਂ ਦਾ ਵੱਡਾ ਸਮਰਥਨ ਮਿਲ ਰਿਹਾ ਹੈ ਅਤੇ ਇਸੇ ਕਾਰਨ ਵਿਰੋਧੀ ਧਿਰਾਂ ਨੂੰ ਖਤਰਾ ਮਹਿਸੂਸ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ਦਾ ਏਜੰਡਾ ਪੰਜਾਬ ਵਿੱਚੋਂ ਨਸ਼ਾ ਖਤਮ ਕਰਨਾ ਅਤੇ ਹਿੰਦੂ, ਮੁਸਲਿਮ, ਸਿੱਖ ਤੇ ਇਸਾਈ ਭਾਈਚਾਰਿਆਂ ਵਿਚਕਾਰ ਸ਼ਾਂਤੀ ਤੇ ਭਾਈਚਾਰਾ ਕਾਇਮ ਰੱਖਣਾ ਹੈ, ਅਤੇ ਪਾਰਟੀ ਵੱਲੋਂ ਸੰਵਿਧਾਨ ਦੇ ਦਾਇਰੇ ਤੋਂ ਬਾਹਰ ਕੋਈ ਗਤੀਵਿਧੀ ਨਹੀਂ ਕੀਤੀ ਗਈ।
ਦੱਸ ਦਈਏ ਕਿ ਅੰਮ੍ਰਿਤਪਾਲ ਸਿੰਘ ਨੂੰ ਅਪ੍ਰੈਲ 2023 ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ ਰਾਸ਼ਟਰੀ ਸੁਰੱਖਿਆ ਕਾਨੂੰਨ (NSA) ਤਹਿਤ ਉਸ ਨੂੰ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਭੇਜਿਆ ਗਿਆ ਸੀ। ਪਾਰਟੀ ਵਿੱਚ ਇਸ ਵੇਲੇ ਦੋ ਲੋਕ ਸਭਾ ਮੈਂਬਰ (ਅੰਮ੍ਰਿਤਪਾਲ ਸਿੰਘ ਅਤੇ ਸਰਬਜੀਤ ਸਿੰਘ ਖ਼ਾਲਸਾ) ਅਤੇ ਇੱਕ ਵਿਧਾਇਕ (ਮਨਪ੍ਰੀਤ ਸਿੰਘ ਇਆਲੀ) ਸ਼ਾਮਲ ਹਨ।
