ਦਰਬਾਰ ਸਾਹਿਬ ਪਹੁੰਚੇ ਨਵੇਂ ਪ੍ਰਧਾਨ ਪਰਗਟ ਸਿੰਘ! ਪੰਜਾਬ ਪਹੁੰਚਣ ‘ਤੇ ਪਹਿਲਾ ਬਿਆਨ

ਨਵੇਂ ਨਿਯੁਕਤ ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਪਰਗਟ ਸਿੰਘ ਅੱਜ (8 ਅਕਤੂਬਰ) ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਪਹੁੰਚੇ ਅਤੇ ਨਤਮਸਤਕ ਹੋਏ। ਪੰਜਾਬ ਪਹੁੰਚਣ ‘ਤੇ ਆਪਣੇ ਪਹਿਲੇ ਬਿਆਨ ‘ਚ ਉਨ੍ਹਾਂ ਨੇ ਪੰਜਾਬ ਦੇ ਮੁੱਦਿਆਂ ‘ਤੇ ਫੋਕਸ ਕਰਨ ਅਤੇ ਸੂਬੇ ‘ਚ ਸਿਆਸਤ ਨੂੰ ਸਾਕਾਰਾਤਮਕ ਦਿਸ਼ਾ ਦੇਣ ਦਾ ਭਰੋਸਾ ਦਿੱਤਾ। ਉਨ੍ਹਾਂ ਨਾਲ ਪੰਜਾਬ ਮਾਮਲਿਆਂ ਦੇ ਇੰਚਾਰਜ ਸਚਿਨ ਪਾਇਲਟ ਵੀ ਮੌਜੂਦ ਸਨ।

ਚੋਣ ਪ੍ਰਚਾਰ ਦੀ ਸ਼ੁਰੂਆਤ ਦਰਬਾਰ ਸਾਹਿਬ ਤੋਂ

ਦਿ ਟ੍ਰਿਬਿਊਨ ਦੀ ਰਿਪੋਰਟ ਮੁਤਾਬਕ ਪਰਗਟ ਸਿੰਘ ਅਤੇ ਸਚਿਨ ਪਾਇਲਟ ਅੱਜ ਦਰਬਾਰ ਸਾਹਿਬ ‘ਚ ਮੱਥਾ ਟੇਕ ਕੇ ਚੋਣ ਪ੍ਰਚਾਰ ਦੀ ਰਸਮੀ ਸ਼ੁਰੂਆਤ ਕਰਨਗੇ। 9 ਅਕਤੂਬਰ ਨੂੰ ਉਹ ਹਿਮਾਚਲ ਦੇ ਊਨਾ ‘ਚ ਚਿੰਤਪੁਰਨੀ ਮੰਦਰ ਜਾਣਗੇ, ਜਦਕਿ 11 ਅਕਤੂਬਰ ਨੂੰ ਪਰਗਟ ਸਿੰਘ ਪੰਜਾਬ ਕਾਂਗਰਸ ਭਵਨ ‘ਚ ਰਸਮੀ ਤੌਰ ‘ਤੇ ਪ੍ਰਧਾਨ ਦਾ ਅਹੁਦਾ ਸੰਭਾਲਣਗੇ। ਕਾਂਗਰਸ ‘ਲਲਕਾਰ’ ਰੈਲੀ ਰਾਹੀਂ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਪ੍ਰਚਾਰ ਤੇਜ਼ ਕਰਨ ਦੀ ਤਿਆਰੀ ‘ਚ ਹੈ।

ਪਹਿਲੇ ਬਿਆਨ ‘ਚ ਕੀ ਕਿਹਾ

ਨਿਯੁਕਤੀ ਤੋਂ ਬਾਅਦ ਆਪਣੇ ਪਹਿਲੇ ਬਿਆਨਾਂ ‘ਚ ਪਰਗਟ ਸਿੰਘ ਨੇ ਕਿਹਾ ਸੀ — “ਪੰਜਾਬੀਆਂ ਨੇ ਹਮੇਸ਼ਾ ਨਫ਼ਰਤ ਦੀ ਸਿਆਸਤ ਨੂੰ ਹਰਾਇਆ ਹੈ।” ਉਨ੍ਹਾਂ ਨੇ ਭਰੋਸਾ ਦਿੱਤਾ ਕਿ ਉਹ ਪੂਰੀ ਲਗਨ ਅਤੇ ਵਚਨਬੱਧਤਾ ਨਾਲ ਕਾਂਗਰਸ ਨੂੰ ਪੰਜਾਬ ‘ਚ ਮਜ਼ਬੂਤ ਕਰਨਗੇ ਅਤੇ ਸੂਬੇ ਦੇ ਲੋਕਾਂ ਦੀ ਸੇਵਾ ਕਰਨਗੇ। ਆਪਣੇ ਆਪ ਨੂੰ ‘ਟੀਮ ਪਲੇਅਰ’ ਦੱਸਦੇ ਹੋਏ ਉਨ੍ਹਾਂ ਕਿਹਾ ਕਿ ਉਹ ਹਾਕੀ ‘ਚ ਵੀ ‘ਫੁੱਲ ਬੈਕ’ ਦੀ ਭੂਮਿਕਾ ਨਿਭਾਉਂਦੇ ਰਹੇ ਹਨ ਅਤੇ ਪਾਰਟੀ ‘ਚ ਵੀ ਸੀਨੀਅਰ ਆਗੂਆਂ ਨੂੰ ਅੱਗੇ ਰੱਖਣਗੇ। ਉਨ੍ਹਾਂ ਨੇ ਧੜੇਬੰਦੀ ਦੇ ਦੋਸ਼ਾਂ ਨੂੰ ਨਕਾਰਦੇ ਹੋਏ ਕਿਹਾ ਕਿ ਸਾਰੇ ਫੈਸਲੇ ਸਰਬਸੰਮਤੀ ਨਾਲ ਲਏ ਜਾਣਗੇ।

ਕਾਂਗਰਸ ਲੀਡਰਸ਼ਿਪ ਦਾ ਧੰਨਵਾਦ

ਪਰਗਟ ਸਿੰਘ ਨੇ ਨਿਯੁਕਤੀ ਲਈ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ, ਸੋਨੀਆ ਗਾਂਧੀ, ਰਾਹੁਲ ਗਾਂਧੀ, ਪ੍ਰਿਯੰਕਾ ਗਾਂਧੀ ਵਾਡਰਾ, ਏਆਈਸੀਸੀ ਜਨਰਲ ਸਕੱਤਰ ਕੇ.ਸੀ. ਵੇਣੂਗੋਪਾਲ ਅਤੇ ਪੰਜਾਬ ਇੰਚਾਰਜ ਸਚਿਨ ਪਾਇਲਟ ਦਾ ਧੰਨਵਾਦ ਕੀਤਾ ਸੀ। ਦੱਸਣਯੋਗ ਹੈ ਕਿ 2 ਅਕਤੂਬਰ ਨੂੰ ਪਰਗਟ ਸਿੰਘ ਨੂੰ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਥਾਂ ਪੰਜਾਬ ਕਾਂਗਰਸ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਸੀ। ਤਿੰਨ ਵਾਰ ਜਲੰਧਰ ਕੈਂਟ ਤੋਂ ਵਿਧਾਇਕ ਰਹੇ ਪਰਗਟ ਸਿੰਘ 1992 ਅਤੇ 1996 ਓਲੰਪਿਕ ‘ਚ ਭਾਰਤੀ ਹਾਕੀ ਟੀਮ ਦੇ ਕਪਤਾਨ ਰਹੇ ਹਨ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।