ਪੰਜਾਬ ਕਾਂਗਰਸ ਵਿੱਚ ਲੰਬੇ ਸਮੇਂ ਤੋਂ ਚੱਲ ਰਹੀ ਖਿੱਚੋਤਾਣ ਦਾ ਆਖਰਕਾਰ ਅੰਤ ਹੋ ਗਿਆ ਹੈ। ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ (ਪੀਪੀਸੀਸੀ) ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਨੇ ਸੋਸ਼ਲ ਮੀਡੀਆ ਪਲੈਟਫਾਰਮ ਐਕਸ ‘ਤੇ ਪੋਸਟ ਰਾਹੀਂ ਇਸ ਦਾ ਐਲਾਨ ਕੀਤਾ ਅਤੇ ਆਪਣੀ ਐਕਸ ਪ੍ਰੋਫਾਈਲ ਵਿੱਚ ਆਪਣੇ ਆਪ ਨੂੰ “ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ਸਾਬਕਾ ਪ੍ਰਧਾਨ” ਦੱਸਿਆ ਹੈ। ਇਹ ਫੈਸਲਾ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਕੁਝ ਮਹੀਨੇ ਪਹਿਲਾਂ ਆਇਆ ਹੈ, ਜਿਸ ਨਾਲ ਸੂਬੇ ਦੀ ਸਿਆਸਤ ਵਿੱਚ ਹਲਚਲ ਮੱਚ ਗਈ ਹੈ।
ਹਾਈਕਮਾਨ ਨੂੰ ਭੇਜਿਆ ਅਸਤੀਫ਼ਾ
ਮੀਡੀਆ ਰਿਪੋਰਟਾਂ ਮੁਤਾਬਿਕ ਵੜਿੰਗ ਨੇ ਆਪਣਾ ਅਸਤੀਫ਼ਾ ਪਾਰਟੀ ਦੇ ਜਨਰਲ ਸਕੱਤਰ ਕੇ.ਸੀ. ਵੇਣੂਗੋਪਾਲ ਨੂੰ ਭੇਜ ਦਿੱਤਾ ਹੈ। ਹਾਲਾਂਕਿ ਕਾਂਗਰਸ ਪਾਰਟੀ ਨੇ ਅਜੇ ਤੱਕ ਅਸਤੀਫ਼ੇ ਦੇ ਕਾਰਨਾਂ ਬਾਰੇ ਅਧਿਕਾਰਤ ਤੌਰ ‘ਤੇ ਕੁਝ ਨਹੀਂ ਕਿਹਾ ਹੈ ਅਤੇ ਨਵੇਂ ਪ੍ਰਧਾਨ ਦੇ ਨਾਂ ਦਾ ਐਲਾਨ ਵੀ ਹੋਣਾ ਬਾਕੀ ਹੈ। ਰਿਪੋਰਟਾਂ ਮੁਤਾਬਿਕ ਹਾਈਕਮਾਨ ਜਲਦੀ ਹੀ ਵੜਿੰਗ ਦੇ ਉੱਤਰਾਧਿਕਾਰੀ ਦਾ ਐਲਾਨ ਕਰ ਸਕਦੀ ਹੈ।
ਅਸਤੀਫ਼ੇ ਦੇ ਐਲਾਨ ਤੋਂ ਪਹਿਲਾਂ ਮੀਡੀਆ ਨਾਲ ਗੱਲਬਾਤ ਵਿੱਚ ਵੜਿੰਗ ਨੇ ਕਿਹਾ ਸੀ ਕਿ ਉਹ ਇਸ ਮਾਮਲੇ ‘ਤੇ ਹੁਣੇ ਕੋਈ ਟਿੱਪਣੀ ਨਹੀਂ ਕਰਨਗੇ। ਉਨ੍ਹਾਂ ਦਾ ਕਹਿਣਾ ਸੀ ਕਿ “ਕੁਝ ਗੱਲਾਂ ਅੰਦਰੂਨੀ ਹਨ” ਅਤੇ ਸਮਾਂ ਆਉਣ ‘ਤੇ ਉਹ ਜ਼ਰੂਰ ਸਭ ਕੁਝ ਦੱਸਣਗੇ।
2022 ਤੋਂ ਸਨ ਪ੍ਰਧਾਨ, ਧੜੇਬੰਦੀ ਬਣੀ ਵਜ੍ਹਾ
ਵੜਿੰਗ ਅਪ੍ਰੈਲ 2022 ਤੋਂ ਪੀਪੀਸੀਸੀ ਦੇ ਪ੍ਰਧਾਨ ਚੱਲੇ ਆ ਰਹੇ ਸਨ। ਉਨ੍ਹਾਂ ਨੂੰ 2022 ਦੀ ਵਿਧਾਨ ਸਭਾ ਚੋਣ ਵਿੱਚ ਪਾਰਟੀ ਦੀ ਹਾਰ ਤੋਂ ਬਾਅਦ ਪ੍ਰਧਾਨ ਬਣਾਇਆ ਗਿਆ ਸੀ। ਉਨ੍ਹਾਂ ਦੀ ਅਗਵਾਈ ਵਿੱਚ ਕਾਂਗਰਸ ਨੇ 2024 ਦੀਆਂ ਲੋਕ ਸਭਾ ਚੋਣਾਂ ਵਿੱਚ ਪੰਜਾਬ ਦੀਆਂ 13 ਵਿੱਚੋਂ 7 ਸੀਟਾਂ ਜਿੱਤੀਆਂ ਸਨ। ਵੜਿੰਗ ਲੁਧਿਆਣਾ ਤੋਂ ਲੋਕ ਸਭਾ ਸਾਂਸਦ ਹਨ।
ਪਿਛਲੇ ਕਈ ਮਹੀਨਿਆਂ ਤੋਂ ਪੰਜਾਬ ਕਾਂਗਰਸ ਅੰਦਰੂਨੀ ਧੜੇਬੰਦੀ ਨਾਲ ਜੂਝ ਰਹੀ ਸੀ। ਪਾਰਟੀ ਵੜਿੰਗ ਅਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਦੋ ਧੜਿਆਂ ਵਿੱਚ ਵੰਡੀ ਹੋਈ ਸੀ। ਜੁਲਾਈ ਵਿੱਚ ਹਾਈਕਮਾਨ ਨੇ ਵੜਿੰਗ ਨੂੰ ਪ੍ਰਧਾਨ ਬਣਾਈ ਰੱਖਣ ਦਾ ਫੈਸਲਾ ਕੀਤਾ ਸੀ, ਪਰ ਬਾਅਦ ਵਿੱਚ ਪੰਜਾਬ ਦੇ ਇੰਚਾਰਜ ਭੁਪੇਸ਼ ਬਘੇਲ ਦੀ ਥਾਂ ਸਚਿਨ ਪਾਇਲਟ ਨੂੰ ਪੰਜਾਬ ਦੇ ਇੰਚਾਰਜ ਲਾਇਆ ਗਿਆ। ਪਾਇਲਟ ਨੇ ਸਾਰੇ ਸੀਨੀਅਰ ਆਗੂਆਂ ਨਾਲ ਮੁਲਾਕਾਤਾਂ ਕਰਕੇ ਹਾਈਕਮਾਨ ਨੂੰ ਆਪਣੀ ਰਿਪੋਰਟ ਸੌਂਪੀ। ਰਿਪੋਰਟਾਂ ਮੁਤਾਬਿਕ ਹਾਲ ਹੀ ਵਿੱਚ ਰਾਹੁਲ ਗਾਂਧੀ, ਮਲਿਕਾਰਜੁਨ ਖੜਗੇ, ਕੇ.ਸੀ. ਵੇਣੂਗੋਪਾਲ ਅਤੇ ਸਚਿਨ ਪਾਇਲਟ ਦੀ ਬੈਠਕ ਵਿੱਚ ਪੰਜਾਬ ਦੀ ਅਗਵਾਈ ਬਦਲਣ ‘ਤੇ ਚਰਚਾ ਹੋਈ ਸੀ।
ਸਿੰਗਲਾ ਸਭ ਤੋਂ ਮੂਹਰੇ, ਤਿੰਨ-ਚਾਰ ਨਾਂ ਚਰਚਾ ਵਿੱਚ
ਵੜਿੰਗ ਦੇ ਉੱਤਰਾਧਿਕਾਰੀ ਲਈ ਸਭ ਤੋਂ ਮੂਹਰਲਾ ਨਾਂ ਸਾਬਕਾ ਮੰਤਰੀ ਵਿਜੈਇੰਦਰ ਸਿੰਗਲਾ ਦਾ ਦੱਸਿਆ ਜਾ ਰਿਹਾ ਹੈ। ਸਿੰਗਲਾ ਨੂੰ ਰਾਹੁਲ ਗਾਂਧੀ ਦੇ ਨੇੜਲਾ ਆਗੂ ਮੰਨਿਆ ਜਾਂਦਾ ਹੈ। ਉਹ ਕਾਂਗਰਸ ਵਰਕਿੰਗ ਕਮੇਟੀ ਦੇ ਮੈਂਬਰ ਹਨ ਅਤੇ ਸਿੱਖਿਆ ਤੇ PWD ਮੰਤਰੀ ਦੇ ਨਾਲ-ਨਾਲ ਸੰਗਰੂਰ ਤੋਂ ਸਾਂਸਦ ਵੀ ਰਹਿ ਚੁੱਕੇ ਹਨ।
ਇਸ ਤੋਂ ਇਲਾਵਾ ਜਲੰਧਰ ਕੈਂਟ ਤੋਂ ਵਿਧਾਇਕ ਅਤੇ ਸਾਬਕਾ ਹਾਕੀ ਖਿਡਾਰੀ ਪਰਗਟ ਸਿੰਘ ਅਤੇ ਗੁਰਦਾਸਪੁਰ ਤੋਂ ਸਾਂਸਦ ਸੁਖਜਿੰਦਰ ਸਿੰਘ ਰੰਧਾਵਾ ਦੇ ਨਾਂ ਵੀ ਚਰਚਾ ਵਿੱਚ ਹਨ। ਰਿਪੋਰਟਾਂ ਮੁਤਾਬਿਕ ਕੁਝ ਹੋਰ ਨਾਵਾਂ ‘ਤੇ ਵੀ ਵਿਚਾਰ ਕੀਤਾ ਜਾ ਰਿਹਾ ਹੈ। ਪਾਰਟੀ ਅਜਿਹੇ ਆਗੂ ਦੀ ਤਲਾਸ਼ ਵਿੱਚ ਹੈ ਜੋ ਚੋਣਾਂ ਤੋਂ ਪਹਿਲਾਂ ਦੋਵਾਂ ਧੜਿਆਂ ਨੂੰ ਨਾਲ ਲੈ ਕੇ ਚੱਲ ਸਕੇ।
2027 ਦੀਆਂ ਚੋਣਾਂ ਤੋਂ ਪਹਿਲਾਂ ਅਹਿਮ ਕਦਮ
ਪੰਜਾਬ ਵਿੱਚ 2027 ਦੀ ਸ਼ੁਰੂਆਤ ਵਿੱਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ। ਚੋਣਾਂ ਤੋਂ ਪਹਿਲਾਂ ਪ੍ਰਦੇਸ਼ ਪ੍ਰਧਾਨ ਬਦਲਣਾ ਕਾਂਗਰਸ ਲਈ ਇੱਕ ਅਹਿਮ ਰਣਨੀਤਕ ਕਦਮ ਮੰਨਿਆ ਜਾ ਰਿਹਾ ਹੈ। ਪਾਰਟੀ ਇਸ ਰਾਹੀਂ ਸੰਗਠਨ ਨੂੰ ਮਜ਼ਬੂਤ ਕਰਕੇ ਚੋਣ ਮੈਦਾਨ ਵਿੱਚ ਉਤਰਨਾ ਚਾਹੁੰਦੀ ਹੈ। ਨਵੇਂ ਪ੍ਰਧਾਨ ਦੇ ਨਾਂ ‘ਤੇ ਸਾਰਿਆਂ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਹਨ।
